ਓਨਟਾਰੀਓ 'ਚ ਵੱਡੀ ਕਾਰ ਚੋਰੀ ਦਾ ਪਰਦਾਫਾਸ਼, $4.5 ਮਿਲੀਅਨ ਦੀਆਂ 96 ਗੱਡੀਆਂ ਬਰਾਮਦ, 12 ਮੁਲਜ਼ਮ ਗ੍ਰਿਫ਼ਤਾਰ
ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪੀਲ ਰੀਜਨਲ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪੀਲ ਰੀਜਨਲ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਲਗਭਗ 4.5 ਮਿਲੀਅਨ ਡਾਲਰ ਮੁੱਲ ਦੀਆਂ 96 ਚੋਰੀਸ਼ੁਦਾ ਗੱਡੀਆਂ ਵੀ ਬਰਾਮਦ ਕੀਤੀਆਂ ਹਨ, ਜਿਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਯੋਜਨਾ ਬਣਾਈ ਜਾ ਰਹੀ ਸੀ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਦੋ ਪੰਜਾਬੀ ਨੌਜਵਾਨ ਵੀ ਸ਼ਾਮਲ ਹਨ। ਇਨ੍ਹਾਂ ਦੀ ਪਛਾਣ 26 ਸਾਲਾ ਕਰਮਵੀਰ ਸਿੰਘ, ਵਾਸੀ ਬਰੈਂਪਟਨ ਅਤੇ 25 ਸਾਲਾ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਦਾ ਪੱਕਾ ਰਿਹਾਇਸ਼ੀ ਪਤਾ ਉਪਲਬਧ ਨਹੀਂ ਹੈ।
ਪੁਲਿਸ ਵੱਲੋਂ ਸਾਰੇ 12 ਮੁਲਜ਼ਮਾਂ ਖ਼ਿਲਾਫ਼ 200 ਤੋਂ ਵੱਧ ਅਪਰਾਧਿਕ ਦੋਸ਼ ਲਗਾਏ ਗਏ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਚੋਰੀ ਕੀਤੇ ਵਾਹਨਾਂ ਨੂੰ ਬਰੈਂਪਟਨ ਸਥਿਤ ਇੱਕ ਗੋਦਾਮ ਵਿੱਚ ਇਕੱਠਾ ਕੀਤਾ ਜਾਂਦਾ ਸੀ। ਇਸ ਤੋਂ ਬਾਅਦ ਇਨ੍ਹਾਂ ਨੂੰ ਸ਼ਿਪਿੰਗ ਕੰਟੇਨਰਾਂ ਵਿੱਚ ਲੁਕਾ ਕੇ ਕੈਨੇਡੀਅਨ ਬੰਦਰਗਾਹਾਂ ਰਾਹੀਂ ਪੱਛਮੀ ਅਫਰੀਕਾ ਭੇਜਣ ਦੀ ਤਿਆਰੀ ਸੀ।
ਪੀਲ ਪੁਲਿਸ ਅਨੁਸਾਰ, ਇਸ ਮਾਮਲੇ ਦੀ ਜਾਂਚ ਮਾਰਚ ਮਹੀਨੇ ਵਿੱਚ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ। ਕਾਰਵਾਈ ਦੌਰਾਨ ਜਿਹੜੇ 96 ਵਾਹਨ ਬਰਾਮਦ ਕੀਤੇ ਗਏ ਹਨ, ਉਨ੍ਹਾਂ ਵਿੱਚ ਮਹਿੰਗੀਆਂ ਲਗਜ਼ਰੀ SUV, ਪਿਕਅੱਪ ਟਰੱਕ ਅਤੇ ਹੋਰ ਕੀਮਤੀ ਗੱਡੀਆਂ ਸ਼ਾਮਲ ਹਨ। ਪੁਲਿਸ ਵੱਲੋਂ ਇਸ ਨੈੱਟਵਰਕ ਨਾਲ ਜੁੜੀਆਂ ਗਤੀਵਿਧੀਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।