ਸਰੀ 'ਚ ਖੂਨੀ ਵਾਰਦਾਤ: ਗੋਲੀਬਾਰੀ ਕਾਰਨ ਔਰਤ ਸਮੇਤ ਦੋ ਲੋਕਾਂ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
ਕੈਨੇਡਾ ਦੇ ਸਰੀ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਨੇ ਦੋ ਜਾਨਾਂ ਲੈ ਲਈਆਂ।
ਕੈਨੇਡਾ ਦੇ ਸਰੀ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਨੇ ਦੋ ਜਾਨਾਂ ਲੈ ਲਈਆਂ। ਇਸ ਵਾਰਦਾਤ ਵਿੱਚ ਇੱਕ ਔਰਤ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ। ਸਰੀ ਪੁਲਿਸ ਸਰਵਿਸ ਦੀ ਬੁਲਾਰਨ ਸਾਰਜੈਂਟ ਅਲੀ ਗੇਲਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਪੁਲਿਸ ਅਤੇ ਬੀ.ਸੀ. ਐਮਰਜੈਂਸੀ ਹੈਲਥ ਸਰਵਿਸਿਜ਼ ਨੂੰ ਰਾਤ ਕਰੀਬ 10:38 ਵਜੇ 88 ਐਵੇਨਿਊ ਅਤੇ 124 ਸਟਰੀਟ ਦੇ ਨੇੜੇ ਸਥਿਤ ਇੱਕ ਪਾਰਕਿੰਗ ਲਾਟ ਵਿੱਚ ਗੋਲੀ ਲੱਗਣ ਕਾਰਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐਮਰਜੈਂਸੀ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਦੋਵਾਂ ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ, ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਹੁਣ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਸ਼ੱਕੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਇਸ ਘਟਨਾ ਤੋਂ ਕੁਝ ਮਿੰਟ ਬਾਅਦ, ਰਾਤ 10:51 ਵਜੇ ਪੁਲਿਸ ਨੂੰ ਪ੍ਰਿੰਸੈਸ ਡਰਾਈਵ ਦੇ 9700 ਬਲਾਕ ਵਿੱਚ ਇੱਕ ਵਾਹਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਜਾਂਚਕਰਤਾ ਇਸ ਗੱਲ ਦੀ ਪੜਤਾਲ ਕਰ ਰਹੇ ਹਨ ਕਿ ਕੀ ਵਾਹਨ ਨੂੰ ਅੱਗ ਲਗਾਉਣ ਦੀ ਘਟਨਾ ਦਾ ਗੋਲੀਬਾਰੀ ਨਾਲ ਕੋਈ ਸਬੰਧ ਹੈ। ਸਰੀ ਪੁਲਿਸ ਸਰਵਿਸ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਦੀ ਜ਼ਿੰਮੇਵਾਰੀ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੂੰ ਸੌਂਪ ਦਿੱਤੀ ਗਈ ਹੈ।